Acts 13 in Panjabi
1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ ।
2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
3 ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ ।
4 ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ ।
5 ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ ।
6 ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ ।
7 ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ । ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ ।
8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ ( ਕਿ ਉਹ ਦੇ ਨਾਮ ਦਾ ਇਹੋ ਅਰਥ ਹੈ ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ ।
9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ ?
11 ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁੱਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ । ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ ।
12 ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ ।
13 ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ ।
14 ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ ।
15 ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ ।
16 ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ ।
17 ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ ।
18 ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ ।
19 ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ ।
20 ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ ।
21 ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ ।
22 ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ ।
23 ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
24 ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ ।
25 ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ ।
26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।
27 ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ।
28 ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ ।
29 ਅਤੇ ਜਦੋਂ ਉਹ ਸਭ ਕੁੱਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ ।
30 ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ।
31 ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ ।
32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ ।
33 ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ ।
34 ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੇ ਪਵਿੱਤਰ ਅਤੇ ਅਟੱਲ ਪਦਾਰਥ ਤੁਹਾਨੂੰ ਦਿਆਂਗਾ ।
35 ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ ।
36 ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ ।
37 ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ ।
38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
39 ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ ।
40 ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
41 ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ ਮੰਨੋ ਅਤੇ ਨਸ਼ਟ ਹੋ ਜਾਓ ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ ।
42 ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ ।
43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
44 ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ ।
45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।
47 ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤੀ ਠਹਿਰਾਇਆ ਹੈ, ਕਿ ਤੂੰ ਧਰਤੀ ਦੇ ਬੰਨੇ ਤੱਕ ਮੁਕਤੀ ਦਾ ਕਾਰਨ ਹੋਵੇਂ ।
48 ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ ।
49 ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ ।
50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ ।
51 ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ ।
52 ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ ।