Job 13 in Panjabi

1 ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ ।

2 ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ ।

3 ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,

4 ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ !

5 ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ !

6 ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ ।

7 ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ ?

8 ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ ?

9 ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ ?

10 ਜੇ ਤੁਸੀਂ ਲੁਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ ।

11 ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈ ਤੁਹਾਡੇ ਉੱਤੇ ਨਹੀਂ ਪੈਂਦਾ ?

12 ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ !

13 ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ !

14 ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ ?

15 ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ ।

16 ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ ।

17 ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ ।

18 ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ ।

19 ਕੌਣ ਮੇਰੇ ਨਾਲ ਬਹਿਸ ਕਰੇਗਾ ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ ।

20 ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ ।

21 ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈ ਮੈਨੂੰ ਨਾ ਡਰਾਵੇ ।

22 ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ !

23 ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ !

24 ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ ?

25 ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ ?

26 ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ ।

27 ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ !

28 ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ !