Job 26 in Panjabi

1 ਫੇਰ ਅਯੂੱਬ ਨੇ ਉੱਤਰ ਦੇ ਕੇ ਆਖਿਆ,

2 “ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ !

3 ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ !

4 ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ ?

5 ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ !

6 ਪਤਾਲ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪੜਦਾ ਹੈ ।

7 ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ !

8 ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ ।

9 ਉਹ ਆਪਣੇ ਸਿੰਘਾਸਣ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ ।

10 ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ ।

11 ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ !

12 ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ ।

13 ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ ।

14 ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ ?”