Lamentations 3 in Panjabi

1 ਮੈਂ ਉਹ ਮਨੁੱਖ ਹਾਂ ਜਿਸ ਨੇ ਉਸ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,

2 ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ ।

3 ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ !

4 ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ ।

5 ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ ।

6 ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ ।

7 ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ ।

8 ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ ।

9 ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ ।

10 ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ ।

11 ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ ।

12 ਉਸ ਨੇ ਆਪਣਾ ਧਣੁਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ ।

13 ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ ।

14 ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ ।

15 ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ ।

16 ਉਸ ਨੇ ਮੇਰੇ ਦੰਦ ਰੋੜ੍ਹਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ ।

17 ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ ।

18 ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ ।

19 ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ !

20 ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ ।

21 ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ ।

22 ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ !

23 ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ ।

24 ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ ।

25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।

26 ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਉ ਲਈ ਆਸ ਰੱਖੇ ।

27 ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ ।

28 ਉਹ ਇੱਕਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ ।

29 ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ !

30 ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ !

31 ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ ।

32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ ।

33 ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ ।

34 ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,

35 ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,

36 ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗੜਨਾ, ਪ੍ਰਭੂ ਵੇਖ ਨਹੀਂ ਸਕਦਾ !

37 ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ ?

38 ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ ?

39 ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ ?

40 ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ !

41 ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,

42 ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ ।

43 ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ ।

44 ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ ।

45 ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ ।

46 ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,

47 ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ ਸਾਡੇ ਉੱਤੇ ਆ ਪਏ ਹਨ ।

48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ ।

49 ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,

50 ਜਦ ਤੱਕ ਯਹੋਵਾਹ ਸੁਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ ।

51 ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ ।

52 ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ ।

53 ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ ।

54 ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ !

55 ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,

56 ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ !

57 ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ !

58 ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ ।

59 ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ !

60 ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ ।

61 ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ ।

62 ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ ।

63 ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ ।

64 ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ ।

65 ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ ।

66 ਹੇ ਯਹੋਵਾਹ ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ ।