Proverbs 16 in Panjabi

1 ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ ।

2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ ।

3 ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ ।

4 ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ ।

5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ ।

6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ ।

7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ ।

8 ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ ।

9 ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ ।

10 ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ ।

11 ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ ।

12 ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ ।

13 ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ ।

14 ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ ।

15 ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ ।

16 ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ ।

17 ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ ।

18 ਨਾਸ਼ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ ।

19 ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ ।

20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ !

21 ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ ।

22 ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ ।

23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ ।

24 ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ ।

25 ਇੱਕ ਅਜਿਹਾ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਹੈ ।

26 ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ ।

27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਂਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ ।

28 ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ ।

29 ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ ।

30 ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ ।

31 ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ ।

32 ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ ।

33 ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ ।